ਪੰਜ ਸਾਲਾਂ ਦੌਰਾਨ ਸੂਬੇ ‘ਚ ਹੋਵੇਗਾ ਇਹ ਕੰਮ, ਮਾਨ ਸਰਕਾਰ ਨੇ ਕਰਤਾ ਵੱਡਾ ਐਲਾਨ

ਸਮਾਜ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ, ਐਸਏਐਸ ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣ ਰਹੇ ਪੰਜ ਨਵੇਂ ਮੈਡੀਕਲ ਕਾਲਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਸਦਕਾ ਪੰਜਾਬ ਛੇਤੀ ਹੀ ਦੇਸ਼ ਵਿੱਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ਵ ਪੱਧਰੀ ਡਾਕਟਰ ਤਿਆਰ ਕਰਨ ਦੀ ਵੱਡੀ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਚ ਵਿਦਿਆਰਥੀ ਮੈਡੀਕਲ ਸਿੱਖਿਆ ਦੇ ਯੋਗ ਡਾਕਟਰ ਬਣਨ ਦੀ ਇੱਛਾ ਰੱਖਦੇ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਉੱਚ ਪੱਧਰੀ ਮੈਡੀਕਲ ਕਾਲਜ ਸਥਾਪਤ ਕਰਨ ਵੱਲ ਬਹੁਤਾ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ਾਂ ਵਿੱਚ ਜਾਣਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਗਲੇ ਪੰਜ ਸਾਲਾਂ ਵਿੱਚ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਕੁੱਲ ਮੈਡੀਕਲ ਕਾਲਜਾਂ ਦੀ ਗਿਣਤੀ 25 ਹੋ ਜਾਵੇਗੀ ਜਿਸ ਨਾਲ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ।

ਉਨ੍ਹਾਂ ਕਿਹਾ ਕਿ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਇਕ ਹੋਰ ਏਜੰਡੇ ‘ਤੇ ਵਿਚਾਰ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਾਲਜ ਨਾਲ ਸਬੰਧਤ ਗੁਣਵੱਤਾ ਅਤੇ ਸਮਾਂਬੱਧ ਨਿਰਮਾਣ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਗਲੇ ਸੈਸ਼ਨ ਤੋਂ ਦਾਖਲੇ ਸਮੇਂ ਸਿਰ ਸ਼ੁਰੂ ਹੋਣ।

ਐਸਏਐਸ ਨਗਰ, ਮੁਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲੋੜ ਅਨੁਸਾਰ ਪਹਿਲ ਦੇ ਆਧਾਰ ‘ਤੇ ਵੱਧ ਤੋਂ ਵੱਧ ਹਸਪਤਾਲਾਂ ਅਤੇ ਹੋਸਟਲਾਂ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਮੈਡੀਕਲ ਕਾਲਜਾਂ ਦੇ ਨਵੀਨੀਕਰਨ ਅਤੇ ਨਿਰਮਾਣ ਕਾਰਜਾਂ ਲਈ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਭਗਵੰਤ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਮਾਲੇਰਕੋਟਲਾ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ।

Leave a Reply

Your email address will not be published. Required fields are marked *