ਹੁਣ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਏਨਾ ਜਿਲ੍ਹਿਆਂ ਨੂੰ ਦੇ ਦਿੱਤਾ ਵੱਡਾ ਤੋਹਫ਼ਾ, ਪੜ੍ਹੋ ਕੀ

ਸਮਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਹੁਲਾਰਾ ਦੇਣ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿੱਚ ਇੱਕ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧ ਵਿੱਚ ਫੈਸਲਾ ਮੁੱਖ ਮੰਤਰੀ ਨੇ ਵੀਰਵਾਰ ਨੂੰ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦੇ ਕੋਟ ਸ਼ੇਰਵਾਨੀ ਵਿਖੇ ਇੱਕ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਕਰਕੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇੱਕ ਹੱਬ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਾਲਜ ਮਲੇਰਕੋਟਲਾ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਦੇਸ਼ ਦੇ ਨਕਸ਼ੇ ‘ਤੇ ਪਾਵੇਗਾ।

ਇਕ ਹੋਰ ਏਜੰਡੇ ‘ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਾਲਜ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਦੇ ਵਿਸ਼ਾਲ ਖੇਤਰ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਪ੍ਰਗਤੀਸ਼ੀਲ ਅਤੇ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ ਵਿੱਚ ਸਹਾਇਤਾ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਅਜਿਹੇ ਪ੍ਰਮੁੱਖ ਵਿੱਦਿਅਕ ਅਦਾਰੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮੇਂ ਦੀ ਲੋੜ ਹਨ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਬਣਾਏ ਜਾ ਰਹੇ ਇਨ੍ਹਾਂ ਦੋਵਾਂ ਵੱਕਾਰੀ ਪ੍ਰਾਜੈਕਟਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਯੋਜਨਾਵਾਂ ਤਿਆਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਕਸਦ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *