1 ਲੱਖ ਤੋਂ ਵੱਧ ਕਿਸਾਨਾਂ ਨੇ ਲੈ ਲਿਆ ਹੈ, ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ, ਤੁਸੀਂ ਵੀ ਜਲਦੀ ਚੱਕਲੋ ਫਾਇਦਾ

ਸਮਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀ ਟਿਊਬਵੈੱਲਾਂ ਦਾ ਲੋਡ ਵਧਾਉਣ ਅਤੇ ਕਿਸਾਨਾਂ ਨੂੰ ਰਾਹਤ ਦੇਣ ਦੀ ਯੋਜਨਾ ਦਾ ਕਿਸਾਨਾਂ ਨੇ ਪੂਰਾ ਲਾਹਾ ਲਿਆ ਹੈ। ਮਾਨ ਵੱਲੋਂ ਘਟਾਈ ਗਈ ਫੀਸ ਦਾ ਹੁਣ ਤੱਕ 1 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਟਿਊਬਵੈੱਲਾਂ ਦਾ ਲੋਡ 4750 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਨੂੰ ਕਿਸਾਨਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਹੁਣ ਤੱਕ ਸੂਬੇ ਭਰ ਦੇ ਇਕ ਲੱਖ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਸੂਬਾ ਸਰਕਾਰ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਲੋਕਾਂ ਦੇ ਬਹੁਤ ਧੰਨਵਾਦੀ ਹਨ ਅਤੇ ਇਸ ਨੇ ਉਨ੍ਹਾਂ ਨੂੰ ਹੋਰ ਵੀ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਜਾਰੀ ਰੱਖੇਗੀ।

ਇਸ ਦੌਰਾਨ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਇੱਕ ਨਿਮਾਣਾ ਜਿਹਾ ਤੋਹਫ਼ਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਤੌਰ ‘ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀਬਾੜੀ ‘ਤੇ ਨਿਰਭਰ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ, ਜਿਸ ਨਾਲ ਨੌਜਵਾਨਾਂ ਨੂੰ ਇਸ ਤੋਂ ਦੂਰ ਰੱਖਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਲਾਗਤਾਂ ਨੂੰ ਘਟਾ ਕੇ ਇਸ ਰੁਝਾਨ ਨੂੰ ਰੋਕਣ ਲਈ ਇੱਕ ਛੋਟਾ ਜਿਹਾ ਕਦਮ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ਅਦਾ ਕਰਨ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿੱਚ ਲਗਭਗ 50 ਪ੍ਰਤੀਸ਼ਤ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ।

ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇਸ ਸਕੀਮ ਨੂੰ ਕਾਫੀ ਗਤੀ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹੋਰ ਕਦਮ ਚੁੱਕੇ ਜਾਣਗੇ।

Leave a Reply

Your email address will not be published. Required fields are marked *