ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਯੋਗ ਵਿਦਿਆਰਥੀ 31 ਜੁਲਾਈ ਤੱਕ ਲਾਭ ਲੈ ਸਕਣਗੇ। ਤੁਸੀਂ ਅੰਬੇਦਕਰ ਸਕਾਲਰਸ਼ਿਪ ਪੋਰਟਲ www.scholarships .punjab .gov .in ‘ਤੇ ਸਕਾਲਰਸ਼ਿਪ ਲਈ ਅਰਜ਼ੀ ਦੇ ਸਕਦੇ ਹੋ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਸਕੀਮ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਫੀਸਾਂ ਜਾਂ ਬਕਾਏ ਵਿੱਚ ਦੇਰੀ ਹੋਣ ਦੀ ਸੂਰਤ ਵਿੱਚ ਇਸ ਸਕੀਮ ਦੇ ਕਿਸੇ ਵੀ ਲਾਭਪਾਤਰੀ ਨੂੰ ਤੰਗ ਪ੍ਰੇਸ਼ਾਨ ਨਾ ਕਰਨ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਅਨੁਸੂਚਿਤ ਜਾਤੀ (SC) ਦੇ ਵਿਦਿਆਰਥੀਆਂ ਨੂੰ 31 ਜੁਲਾਈ ਤੱਕ ਇਸ ਸਕੀਮ ਤਹਿਤ ਵਿੱਤੀ ਸਹਾਇਤਾ ਲਈ ਅਰਜ਼ੀ ਦੇਣ ਦੀ ਸਹੂਲਤ ਲਈ ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਦੇ ਪੂਰੇ ਕੇਸਾਂ ਨੂੰ ਸੋਧ ਤੋਂ ਬਾਅਦ 31 ਜੁਲਾਈ ਤੱਕ ਮਨਜ਼ੂਰੀ ਅਥਾਰਟੀ ਨੂੰ ਭੇਜ ਸਕਦੀਆਂ ਹਨ।
ਜਿਸ ਨੂੰ ਪ੍ਰਵਾਨਗੀ ਅਥਾਰਟੀ ਵੱਲੋਂ 15 ਅਗਸਤ ਤੱਕ ਆਨਲਾਈਨ ਪ੍ਰਸਤਾਵਾਂ ਲਈ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ। ਇਸ ਤੋਂ ਬਾਅਦ ਸਬੰਧਤ ਵਿਭਾਗਾਂ ਵੱਲੋਂ 30 ਅਗਸਤ, 2022 ਤੱਕ ਆਨਲਾਈਨ ਪ੍ਰਸਤਾਵ ਭਲਾਈ ਵਿਭਾਗ ਨੂੰ ਭੇਜੇ ਜਾਣਗੇ। ਇਸ ਦੌਰਾਨ ਉਨ੍ਹਾਂ ਕਾਲਜ ਬੰਧਕਾਂ ਨੂੰ ਕਿਹਾ ਕਿ ਉਹ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਕਿਸੇ ਵੀ ਵਿਦਿਆਰਥੀ ਨੂੰ ਤੰਗ ਪ੍ਰੇਸ਼ਾਨ ਨਾ ਕਰਨ।
ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਜਾਂ ਉਸ ਦੀ ਡਿਗਰੀ ਜਾਂ ਰੋਲ ਨੰਬਰ ਰੋਕਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐੱਸਡੀਐੱਮ ਬਲਬੀਰ ਰਾਜ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਰਜਿੰਦਰ ਸਿੰਘ ਆਦਿ ਮੌਜੂਦ ਸਨ।