ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਕਈ ਵੱਡੇ ਐਲਾਨ ਕੀਤੇ ਹਨ। ਸੱਤਾਂ ਦੇ ਆਉਣ ਤੋਂ ਪਹਿਲਾਂ ‘ਆਪ’ ਨੇ ਕਿਸਾਨਾਂ ਨਾਲ ਕਈ ਵੱਡੇ ਵਾਅਦੇ ਵੀ ਕੀਤੇ ਸਨ ਅਤੇ ਸਰਕਾਰ ਹੁਣ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਦੀ ਨਜ਼ਰ ਆ ਰਹੀ ਹੈ। ਦਰਅਸਲ, ਭਗਵੰਤ ਮਾਨ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਦਾ ਵਾਅਦਾ ਕੀਤਾ ਸੀ।
ਇਸ ਵਾਅਦੇ ਨੂੰ ਪੂਰਾ ਕਰਨ ਲਈ ਇਕ ਕਦਮ ਅੱਗੇ ਵਧਾਉਂਦੇ ਹੋਏ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਦਿੱਤੀ ਹੈ, ਜਿਸ ਦਾ ਲਾਭ ਹਰ ਕਿਸਾਨ ਨੂੰ ਮਿਲੇਗਾ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਫੀਸ ਘਟਾ ਦਿੱਤੀ ਹੈ।
ਸਰਕਾਰ ਨੇ ਹੁਣ ਐਲਾਨ ਕੀਤਾ ਹੈ ਕਿ 1HP ਦੇ ਲੋਡ ਨੂੰ ਵਧਾਉਣ ਦੀ ਲਾਗਤ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ “ਇਹ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਇੱਕ ਨਿਮਾਣਾ ਜਿਹਾ ਤੋਹਫ਼ਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਖੇਤੀਬਾੜੀ ਅਧਾਰਤ ਆਰਥਿਕਤਾ ਰਿਹਾ ਹੈ ਅਤੇ ਇਥੋਂ ਦੀ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉੱਤੇ ਨਿਰਭਰ ਹੈ।
ਮਾਨ ਨੇ ਕਿਹਾ ਕਿ ਅੱਜ ਕੱਲ੍ਹ ਕਿਸਾਨ ਨਹੀਂ ਚਾਹੁੰਦਾ ਕਿ ਉਸ ਦਾ ਪੁੱਤਰ ਖੇਤੀ ਕਰੇ, ਕਿਉਂਕਿ ਖੇਤੀ ਦਿਨੋਂ-ਦਿਨ ਘਾਟੇ ਦਾ ਧੰਦਾ ਬਣਦੀ ਜਾ ਰਹੀ ਹੈ। ਪਰ ਉਨ੍ਹਾਂ ਕਿਹਾ ਕਿ ਸਾਨੂੰ ਇਸ ਰੁਝਾਨ ਨੂੰ ਬਦਲਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਦੀ ਲਾਗਤ ਘਟਾਉਣੀ ਪਵੇਗੀ ਤਾਂ ਜੋ ਖੇਤੀਬਾੜੀ ਦੁਬਾਰਾ ਲਾਹੇਵੰਦ ਧੰਦਾ ਬਣ ਸਕੇ।
ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਭਾਰੀ ਫੀਸ ਦੇਣੀ ਪੈਂਦੀ ਸੀ। ਪਰ ਹੁਣ ਉਹ ਇਸ ਫੀਸ ਵਿੱਚ ਲਗਭਗ 50 ਪ੍ਰਤੀਸ਼ਤ ਦੀ ਕਟੌਤੀ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਖੇਤੀਬਾੜੀ ਨੂੰ ਵਧੇਰੇ ਲਾਭਕਾਰੀ ਬਣਾਉਣ ਲਈ ਅਜਿਹੇ ਹੋਰ ਵੀ ਕਈ ਕਦਮ ਚੁੱਕੇਗੀ।